‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ।
ਇਸ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਦੀ ਜਥੇਬੰਦੀ ਨਾਲ ਜੁੜੇ 8 ਲੋਕਾਂ ਉਪਰ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਕੇ ਉਹਨਾਂ ਨੂੰ ਅਸਾਮ ਦੇ ਡਿਬਰੂਗੜ੍ਹ ਸ਼ਹਿਰ ਵਿੱਚ ਸਥਿਤ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ।
ਭਾਰਤ ਦੀਆਂ ਸਭ ਤੋਂ ਪੁਰਾਣੀਆਂ ਜੇਲ੍ਹਾਂ ਵਿੱਚੋਂ ਇੱਕ ਡਿਬਰੂਗੜ੍ਹ ਕੇਂਦਰੀ ਜੇਲ੍ਹ ਸੁਰਖੀਆਂ ਵਿੱਚ ਹੈ ਅਤੇ ਜਿਸ ਸਮੇਂ ਤੋਂ ਜੇਲ੍ਹ ਵਿੱਚ ਅਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲਿਆਂਦਾ ਗਿਆ ਹੈ, ਉਸ ਸਮੇਂ ਤੋਂ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਕਾਲੇ ਰੰਗ ਦੇ ਕੱਪੜੇ ਪਾਏ ਹੋਏ ਆਧੁਨਿਕ ਹਥਿਆਰਾਂ ਨਾਲ ਲੈਸ ਜੇਲ੍ਹ ਅੰਦਰ ਦਾਖ਼ਲ ਹੋਣ ਵਾਲੇ ਗੇਟ ਦੇ ਬਾਹਰ ਤਾਇਨਾਤ ਅਸਾਮ ਪੁਲਿਸ ਦੇ ਬਲੈਕ ਕੈਟ ਕਮਾਂਡੋ ਸੁਰੱਖਿਆ ਦੇ ਨਵੇਂ ਪ੍ਰਬੰਧਾਂ ਦੀ ਗਵਾਹੀ ਭਰ ਰਹੇ ਹਨ।
ਇਸ ਤੋਂ ਇਲਾਵਾ ਜੇਲ੍ਹ ਦੇ ਚਾਰੇ ਪਾਸੇ ਵਾਧੂ ਸੀਸੀਟੀਵੀ ਕੈਮਰੇ ਲਗਾਏ ਗਏ ਹਨ।ਸਾਲ 1859-60 ਵਿੱਚ ਬ੍ਰਿਟਿਸ਼ ਸਰਕਾਰ ਸਮੇਂ ਬਣਾਈ ਗਈ ਡਿਬਰੂਗੜ੍ਹ ਕੇਂਦਰੀ ਜੇਲ੍ਹ ਇਸ ਤੋਂ ਪਹਿਲਾਂ ਕਦੇ ਵੀ ਇੰਨੀ ਚਰਚਾ ਵਿੱਚ ਨਹੀਂ ਰਹੀ।
ਨਾ ਹੀ ਇਸ ਜੇਲ੍ਹ ਵਿੱਚ ਕਿਸੇ ਬਾਹਰੀ ਸੂਬੇ ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਕਿਸੇ ਕੈਦੀ ਨੂੰ ਲਿਆ ਕੇ ਰੱਖਿਆ ਗਿਆ ਸੀ।
ਨਵੇਂ ਸੁਰੱਖਿਆ ਪ੍ਰਬੰਧਾਂ ਬਾਰੇ ਡਿਬਰੂਗੜ੍ਹ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬਿਸ਼ਵਜੀਤ ਪੇਗੂ ਨੇ ਬੁੱਧਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ, “ਐੱਨਐੱਸਏ ਐਕਟ ਤਹਿਤ ਹਿਰਾਸਤ ਵਿੱਚ ਲਏ ਗਏ ਸੱਤ ਵਿਅਕਤੀਆਂ ਨੂੰ ਡਿਬਰੂਗੜ੍ਹ ਲਿਆਂਦਾ ਗਿਆ। ਇਹਨਾਂ ਨੂੰ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।”
Leave a Reply