ਹਾਈਕੋਰਟ ਦਾ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਿੱਚ ਵਾਧੇ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਸੜਕਾਂ ‘ਤੇ ਆਵਾਰਾ ਕੁੱਤਿਆਂ ਦੀ ਗਿਣਤੀ ‘ਚ ਕਾਫੀ ਵਾਧਾ ਹੋਇਆ ਹੈ। ਅਜਿਹੇ ‘ਚ ਜੇਕਰ ਕਿਸੇ ਨੂੰ ਇਨ੍ਹਾਂ ਕੁੱਤਿਆਂ ਨੇ ਵੱਢ ਲਿਆ ਤਾਂ ਦੋਵੇਂ ਸੂਬਾ ਸਰਕਾਰਾਂ ਨੂੰ ਮੁਆਵਜ਼ਾ ਦੇਣਾ ਪਵੇਗਾ। ਅਦਾਲਤ ਨੇ ਪੀੜਤ ਨੂੰ 10,000 ਰੁਪਏ ਪ੍ਰਤੀ ਦੰਦ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰਾਜ ਸਰਕਾਰਾਂ ਨੂੰ ਇਸ ਲਈ ਦਿਸ਼ਾ-ਨਿਰਦੇਸ਼ ਬਣਾਉਣ ਦੇ ਹੁਕਮ ਵੀ ਦਿੱਤੇ ਹਨ।

ਜਸਟਿਸ ਵਿਨੋਦ ਐਸ ਭਾਰਦਵਾਜ ਦੀ ਬੈਂਚ ਨੇ ਚੰਡੀਗੜ੍ਹ ਵਿੱਚ ਕੁੱਤਿਆਂ ਦੇ ਕੱਟਣ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ ਹੈ। ਐਸ ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਫੈਸਲਾ ਦਿੱਤਾ। ਬੈਂਚ ਨੇ ਕਿਹਾ ਕਿ ਜੇਕਰ ਕੁੱਤੇ ਦੇ ਕੱਟਣ ਕਾਰਨ ਦੰਦਾਂ ‘ਤੇ ਨਿਸ਼ਾਨ ਬਣਦੇ ਹਨ ਤਾਂ ਪੀੜਤ ਨੂੰ 10,000 ਰੁਪਏ ਪ੍ਰਤੀ ਦੰਦ ਦੇ ਨਿਸ਼ਾਨ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਜੇਕਰ ਕੁੱਤੇ ਦੇ ਕੱਟਣ ਨਾਲ ਚਮੜੀ ਦਾ ਜ਼ਖ਼ਮ ਜਾਂ ਮਾਸ ਨਿਕਲ ਜਾਂਦਾ ਹੈ, ਤਾਂ ਹਰ 0.2 ਸੈਂਟੀਮੀਟਰ ਜ਼ਖ਼ਮ ਲਈ ਘੱਟੋ-ਘੱਟ 20,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਹਾਈਕੋਰਟ ਨੇ ਕਿਹਾ ਕਿ ਮੁਆਵਜ਼ਾ ਦੇਣ ਦੀ ਜ਼ਿੰਮੇਵਾਰੀ ਦੋਵੇਂ ਸੂਬਾ ਸਰਕਾਰਾਂ ਦੀ ਹੋਵੇਗੀ। ਜਸਟਿਸ ਵਿਨੋਦ ਐਸ ਭਾਰਦਵਾਜ ਦੀ ਬੈਂਚ ਨੇ ਕਿਹਾ ਕਿ ਰਾਜ ਸਰਕਾਰ ਕਿਸੇ ਵੀ ਵਿਅਕਤੀ ਜਾਂ ਏਜੰਸੀ ਤੋਂ ਮੁਆਵਜ਼ੇ ਦੀ ਰਕਮ ਵਸੂਲ ਕਰ ਸਕਦੀ ਹੈ ਜਿਸ ਦਾ ਕੁੱਤੇ ਨਾਲ ਕੋਈ ਸਬੰਧ ਹੈ।

ਅਦਾਲਤ ਨੇ ਕਿਹਾ ਕਿ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇਕਰ ਇਸ ‘ਤੇ ਕਾਬੂ ਨਾ ਪਾਇਆ ਗਿਆ ਤਾਂ ਮਾਮਲੇ ਹੋਰ ਵਧਣਗੇ। ਇਸ ਲਈ ਹੁਣ ਸੂਬਾ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਅਦਾਲਤ ਨੇ ਇਸ ਸਬੰਧੀ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਬਣਾਉਣ ਦੇ ਵੀ ਹੁਕਮ ਦਿੱਤੇ ਹਨ।

Leave a comment

Your email address will not be published. Required fields are marked *