ਪੰਜਾਬ ‘ਚ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ। ਬੇਸ਼ੱਕ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਸਥਿਤੀ ਕੰਟਰੋਲ ਹੇਠ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੜ੍ਹਾਂ ਦੇ ਪਾਣੀ ਨੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸੂਬੇ ਵਿੱਚ ਹੜ੍ਹ ਦੇ ਪਾਣੀ ਜਾਂ ਮੀਂਹ ਕਾਰਨ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ।
ਸਰਕਾਰੀ ਸੂਤਰਾਂ ਮੁਤਾਬਕ ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਾਣੀ ਨਾਲ ਭਰੇ ਇਲਾਕਿਆਂ ਵਿੱਚੋਂ 25,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਪੰਜਾਬ ਦੇ 14 ਜ਼ਿਲ੍ਹੇ ਪਟਿਆਲਾ, ਮੋਗਾ, ਲੁਧਿਆਣਾ, ਮੁਹਾਲੀ, ਜਲੰਧਰ, ਸੰਗਰੂਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਬਿ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਪ੍ਰਭਾਵਿਤ ਹੋਏ ਹਨ।
ਇਸੇ ਤਰ੍ਹਾਂ ਪੰਜਾਬ ਅੰਦਰ ਸੜਕਾਂ ਤੇ ਪੁਲਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਖਨੌਰੀ ਨੇੜੇ ਨੈਸ਼ਨਲ ਹਾਈਵੇਅ 71 ਸਮੇਤ ਕੁਝ ਸੜਕਾਂ ਹੜ੍ਹਾਂ ਦੇ ਪਾਣੀ ਕਾਰਨ ਹੋਏ ਨੁਕਸਾਨ ਕਾਰਨ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਹੜ੍ਹ ਪ੍ਰਭਾਵਿਤ 25,160 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਰਾਜ ਵਿੱਚ ਕੁੱਲ 164 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 3,331 ਲੋਕ ਰਹਿ ਰਹੇ ਹਨ। ਹੜ੍ਹ ਨਾਲ 1.60 ਲੱਖ ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ।
ਉਧਰ, ਪੰਜਾਬ ਦੇ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ ਹਨ ਪਰ ਇਸ ਦੌਰਾਨ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਜਮ੍ਹਾਂ ਹੋਣ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸੇ ਵੀ ਸੰਕਟ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾਏ ਗਏ ਹਨ ਤੇ ਲੋਕਾਂ ਨੂੰ ਦਵਾਈਆਂ ਵੰਡੀਆਂ ਜਾ ਰਹੀਆਂ ਹਨ।